ਜਲੰਧਰ: ਪੰਜਾਬ ਦੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਜਲੰਧਰ ਕੈਂਟ ਹਲਕੇ ਦੇ ਪਿੰਡ ਰਾਏਪੁਰ ਵਿੱਚ ਨੌਜਵਾਨਾਂ ਲਈ ਜਿਮ ਦਾ ਉਦਘਾਟਨ ਕੀਤਾ ਗਿਆ। ਜਿਮ ਦਾ ਉਦਘਾਟਨ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵੱਲੋਂ ਕੀਤਾ ਗਿਆ।
ਪਿੰਡ ਵਾਸੀਆਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਾਕਤ ਹਨ। ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਗਤੀਵਿਧੀਆਂ ਵਿੱਚ ਲਗਾਉਣ ਲਈ ਖੇਡਾਂ ਅਤੇ ਕਸਰਤ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ।
ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣਾ ਵੱਧ ਤੋਂ ਵੱਧ ਸਮਾਂ ਖੇਡਾਂ, ਕਸਰਤ ਅਤੇ ਹੋਰ ਸਿਹਤਮੰਦ ਗਤੀਵਿਧੀਆਂ ਵਿੱਚ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਯਮਿਤ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵੀ ਵਧਦਾ ਹੈ।
ਰਾਜਵਿੰਦਰ ਕੌਰ ਥਿਆੜਾ ਨੇ ‘ਸਿਹਤਮੰਦ ਪੰਜਾਬ’ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਅਤੇ ਕਸਰਤ ਲਈ ਬਿਹਤਰ ਸਹੂਲਤਾਂ ਮਿਲਣ ਤਾਂ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਸਕਦੇ ਹਨ।
ਪਿੰਡ ਰਾਏਪੁਰ ਵਿੱਚ ਜਿਮ ਦੀ ਸਹੂਲਤ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਕਸਰਤ ਕਰਨ ਦਾ ਮੌਕਾ ਮਿਲੇਗਾ। ਇਸ ਪਹਿਲ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਸਰਦਾਰ ਪਰਮਜੀਤ ਸਿੰਘ ਰਾਏਪੁਰ, ਬੂਟਾ ਸਰਪੰਚ, ਕੌਂਸਲਰ ਸਾਂਪਲਾ, ਸਰਪੰਚ ਮੀਨਾ ਕੁਮਾਰੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।


A step towards a healthy Punjab: Rajwinder Thiara inaugurated a gym and urged the youth to engage




